ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਵੱਲੋਂ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।
ਫ਼ਰੀਦਕੋਟ, 11 ਨਵੰਬਰ : ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਅਤੇ ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਪੱਖੀ ਕਲਾਂ, ਭਾਗਥਲਾ ਖੁਰਦ ਅਤੇ ਰਾਜੋਵਾਲਾ ਦਾ ਦੌਰਾ ਕਰਦਿਆਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ, ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੰਨਾ ਬੇਲਰ ਮਾਲਕਾਂ ਕੋਲ ਗੱਠਾ ਸੰਭਾਲਣ ਲਈ ਆਪਣੀ ਜਗ੍ਹਾ ਨਹੀਂ ਹੈ, ਉਨ੍ਹਾਂ ਨੂੰ ਸਰਕਾਰੀ ਜਗ੍ਹਾ ਵੀ ਉਪਲਬਧ ਕਰਵਾਈ ਜਾ ਰਹੀ ਹੈ, ਤਾਂ ਜੋ ਕਿਸੇ ਨੂੰ ਕੋਈ ਦਿੱਕਤ ਨਾ ਆਵੇ।
ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਕਿਸਾਨਾਂ ਦੀ ਜ਼ਿੰਮੇਵਾਰੀ ਹੈ ਕਿ ਉਹ ਪ੍ਰਦੂਸ਼ਣ ਰੋਕਣ ਦੇ ਇਸ ਯਤਨ ਵਿੱਚ ਸਰਕਾਰ ਦਾ ਸਾਥ ਦੇਣ। ਉਨ੍ਹਾਂ ਨੇ ਕਿਹਾ ਕਿ ਫ਼ਰੀਦਕੋਟ ਪੁਲਿਸ ਕਿਸਾਨਾਂ ਦੇ ਨਾਲ ਮਿਲ ਕੇ ਜਾਗਰੂਕਤਾ ਮੁਹਿੰਮ ਚਲਾ ਰਹੀ ਹੈ, ਤਾਂ ਜੋ ਕਿਸੇ ਨੂੰ ਸਜ਼ਾ ਨਹੀਂ, ਸਗੋਂ ਸਮਝਾ ਕੇ ਸਹੀ ਰਾਹ 'ਤੇ ਲਿਆਂਦਾ ਜਾ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਕਾਨੂੰਨੀ ਕਾਰਵਾਈ ਦੀ ਥਾਂ ਜ਼ਿਆਦਾ ਤਰਜੀਹ ਜਾਗਰੂਕਤਾ ਅਤੇ ਸਹਿਯੋਗ ਨੂੰ ਦਿੱਤੀ ਜਾ ਰਹੀ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ, ਡਾ. ਗੁਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।