ਨਸ਼ਿਆਂ ਦੇ ਖਾਤਮੇ ਤੱਕ ਨਸ਼ਿਆਂ ਵਿਰੁੱਧ ਯੁੱਧ ਜਾਰੀ ਰਹੇਗਾ-ਬਲਤੇਜ ਪੰਨੂ

Jun 21, 2025 - 15:00
ਨਸ਼ਿਆਂ ਦੇ ਖਾਤਮੇ ਤੱਕ ਨਸ਼ਿਆਂ ਵਿਰੁੱਧ ਯੁੱਧ ਜਾਰੀ ਰਹੇਗਾ-ਬਲਤੇਜ ਪੰਨੂ
ਨਸ਼ਾ ਮੁਕਤੀ ਮੋਰਚਾ ਦੇ ਸਟੇਟ ਕਨਵੀਨਰ ਵੱਲੋਂ ਟੀਮ ਨਾਲ ਨਸ਼ਾ ਛੁਡਾਊ ਕੇਂਦਰ ਫਰੀਦਕੋਟ ਦਾ ਦੌਰਾ
ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਮਰੀਜਾਂ ਦੇ ਇਲਾਜ ਤੇ ਪੁਨਰਵਾਸ ਲਈ ਪੁਖਤਾ ਪ੍ਰਬੰਧ ਕੀਤੇ ਗਏ-ਪੰਨੂ
ਫਰੀਦਕੋਟ 20 ਜੂਨ : ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਤੇ ਵੱਡੀ ਕਾਰਵਾਈ ਕਰਕੇ ਜਿੱਥੇ ਪੂਰੇ ਰਾਜ ਵਿੱਚ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਿਆ ਗਿਆ ਹੈ ਅਤੇ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਨਸ਼ਿਆਂ ਦਾ ਸ਼ਿਕਾਰ ਲੋਕਾਂ ਦੇ ਪੁਖਤਾ ਇਲਾਜ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵੀ ਰਾਜ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਨਸ਼ਾ ਮੁਕਤੀ ਮੋਰਚਾ ਪੰਜਾਬ ਦੇ ਕਨਵੀਨਰ ਸ. ਬਲਤੇਜ ਸਿੰਘ ਪੰਨੂ ਨੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਦਾ ਦੌਰਾ ਕਰਨ ਮੌਕੇ ਪੱਤਰਕਾਰਾਂ ਨਾਲ ਸਾਂਝਾ ਕੀਤਾ। ਇਸ ਮੌਕੇ ਟੀਮ ਦੇ ਮਾਲਵਾ ਜੋਨ ਦੇ ਇੰਚਾਰਜ ਸ੍ਰੀ ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ, ਸ. ਗੁਰਤੇਜ ਸਿੰਘ ਖੋਸਾ ਪ੍ਰਧਾਨ ਆਮ ਆਦਮੀ ਪਾਰਟੀ ਫਰੀਦਕੋਟ, ਸੁਖਵੰਤ ਸਿੰਘ ਪੱਕਾ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਯੂਥ ਵਿੰਗ, ਬੱਬੂ ਸੇਖੋਂ, ਗੁਰਤੇਜ ਸਿੰਘ ਜੈਤੋ ਆਦਿ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਸ੍ਰੀ ਬਲਤੇਜ ਸਿੰਘ ਪੰਨੂ ਨੇ ਇਸ ਮੌਕੇ ਦੱਸਿਆ ਕਿ ਪੰਜਾਬ ਸਰਕਾਰ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਦ੍ਰਿੜ ਹੈ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਰਾਜ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ, ਪੀਰਾਂ ਦੀ ਧਰਤੀ ਤੇ ਸਾਡੇ ਸਮਾਜ ਵਿੱਚ ਨਸ਼ਿਆਂ ਲਈ ਕੋਈ ਥਾਂ ਨਹੀਂ ਹੈ ਤੇ ਗੁਰਬਾਣੀ ਵੀ ਨਸ਼ਿਆਂ ਦੀ ਥਾਂ ਨਾਮ ਦੀ ਖੁਮਾਰੀ ਦੀ ਗੱਲ ਕਰਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜਿੱਥੇ ਨਸ਼ਿਆਂ ਦੇ ਖਾਤਮੇ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਉੱਥੇ ਹੀ ਨਸ਼ਿਆਂ ਵਿੱਚ ਗ੍ਰਸਤ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਮੁੜ ਤੋਂ ਸ਼ਾਮਲ ਕਰਨ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣ ਦੇ ਵੀ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਇਨ੍ਹਾਂ ਮਰੀਜਾਂ ਦੇ ਇਲਾਜ, ਕਾਊਂਸਲਿੰਗ, ਯੋਗਾ, ਖੇਡਾਂ ਆਦਿ ਵਿੱਚ ਰੁਚੀ ਵਧਾਈ ਜਾ ਰਹੀ ਹੈ, ਉੱਥੇ ਹੀ ਨਸ਼ਾ ਛੱਡਣ ਉਪਰੰਤ ਉਨ੍ਹਾਂ ਨੂੰ ਵੱਖ ਵੱਖ ਤਰ੍ਹਾਂ ਦੇ ਕਿੱਤਾ ਮੁੱਖੀ ਕੋਰਸ ਕਰਵਾ ਕੇ ਉਨ੍ਹਾਂ ਨੂੰ ਰੁਜਗਾਰ ਦੇ ਕਾਬਲ ਬਣਾਇਆ ਜਾਵੇਗਾ ਤਾਂ ਜੋ ਉਹ ਮੁੜ ਤੋਂ ਵਧੀਆ ਜਿੰਦਗੀ ਸ਼ੁਰੂ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਲੋੜੀਂਦੇ ਡਾਕਟਰ, ਕਾਊਂਸਲਿੰਗ ਸਟਾਫ ਆਦਿ ਦੀ ਵੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜ ਦੇ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰਾਂ ਵਿੱਚ ਬੈੱਡਾਂ ਦੀ ਸੰਖਿਆ ਨੂੰ ਦੁੱਗਣਾ-ਤਿੱਗਣਾ ਕੀਤਾ ਹੈ ਤਾਂ ਜੋ ਨਸ਼ਿਆਂ ਦੀ ਸਪਲਾਈ ਲਾਈਨ ਟੁੱਟਣ ਤੋਂ ਬਾਅਦ ਨਸ਼ਿਆਂ ਦੇ ਸ਼ਿਕਾਰ ਲੋਕਾਂ ਦੇ ਵਧੀਆ ਪੁਨਰਵਾਸ ਦਾ ਪ੍ਰਬੰਧ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚੇ ਦੀਆਂ ਸਾਰੇ ਜਿਲ੍ਹਿਆਂ ਦੀਆਂ ਟੀਮਾਂ ਵਧੀਆ ਕੰਮ ਕਰ ਰਹੀਆਂ ਹਨ ਤੇ ਉਨ੍ਹਾਂ ਨੂੰ ਪੰਜਾਬ ਸਰਕਾਰ, ਸਿਵਲ ਤੇ ਪੁਲਿਸ ਵਿਭਾਗ, ਸਿਹਤ ਵਿਭਾਗ ਸਮੇਤ ਸਾਰੇ ਵਿਭਾਗਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਤੇ ਉਨ੍ਹਾਂ ਦੀ ਟੀਮ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰਾਂ ਦਾ ਲਗਾਤਾਰ ਨਿਰੀਖਣ ਕਰਦੀ ਰਹੇਗੀ ਤੇ ਲੋੜ ਅਨੁਸਾਰ ਇਨ੍ਹਾਂ ਕੇਂਦਰਾਂ ਵਿੱਚ ਸਹੂਲਤਾਂ ਲਈ ਹੋਰ ਵਾਧਾ ਕੀਤਾ ਜਾਵੇਗਾ। ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਰਾਜ ਵਿੱਚੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੰਜਾਬ ਸਰਕਾਰ, ਜਿਲ੍ਹਾ ਅਤੇ ਪੁਲਿਸ ਪ੍ਰਸ਼ਾਸ਼ਨ ਨੂੰ ਪੂਰਾ ਸਹਿਯੋਗ ਦੇਣ।
ਇਸ ਉਪਰੰਤ ਸ.ਬਲਤੇਜ ਸਿੰਘ ਪੰਨੂ ਤੇ ਉਨ੍ਹਾਂ ਦੀ ਟੀਮ ਵੱਲੋਂ ਨਸ਼ਾ ਛੁਡਾਊ ਕੇਂਦਰ ਫਰੀਦਕੋਟ ਦਾ ਦੌਰਾ ਵੀ ਕੀਤਾ ਗਿਆ ਤੇ ਉੱਥੇ ਦਾਖਲ ਮਰੀਜਾਂ ਦਾ ਹਾਲ-ਚਾਲ ਪੁੱਛਿਆ ਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਜਾਣਕਾਰੀ ਹਾਸਲ ਕੀਤੀ।
Shivam Madaan Shivam Madaan is the Founder and Editor of IGB News (Indo Global Bytes). Committed to unbiased and impactful journalism, he is dedicated to amplifying the voice of the people and delivering news that truly matters. His vision is to provide accurate, credible, and trustworthy information, ensuring journalism that informs, empowers, and serves the public interest