ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਫ਼ਰੀਦਕੋਟ ਵਿੱਚ ਵਿਸ਼ੇਸ਼ ਕੈਂਪ, ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਲਾਭ ਪ੍ਰਾਪਤ

Mar 20, 2026 - 13:58
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਫ਼ਰੀਦਕੋਟ ਵਿੱਚ ਵਿਸ਼ੇਸ਼ ਕੈਂਪ, ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ ਲਾਭ ਪ੍ਰਾਪਤ

ਫ਼ਰੀਦਕੋਟ, 20 ਮਾਰਚ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਗੁਰੂ ਰਾਮਦਾਸ ਫਿਜ਼ਿਓਥੈਰੇਪੀ ਸੈਂਟਰ, ਫਿਰੋਜ਼ਪੁਰ ਰੋਡ, ਫ਼ਰੀਦਕੋਟ ਵਿਖੇ 10 ਲੱਖ ਰੁਪਏ ਤੱਕ ਦਾ ਹੈਲਥ ਕਾਰਡ ਬਣਾਉਣ ਲਈ ਇੱਕ ਹਫ਼ਤੇ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਚੇਅਰਮੈਨ ਨਗਰ ਸੁਧਾਰ ਟਰੱਸਟ ਫ਼ਰੀਦਕੋਟ ਸ. ਗਗਨਦੀਪ ਸਿੰਘ ਧਾਲੀਵਾਲ ਵੱਲੋਂ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਸ. ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਇਹ ਯੋਜਨਾ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਮਹਾਨ ਗੁਰੂ ਸਾਹਿਬਾਨਾਂ ਦੇ ਸਰਬਤ ਦੇ ਭਲੇ ਦੇ ਸੰਦੇਸ਼ ਨੂੰ ਅਪਣਾਉਂਦਿਆਂ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸੂਬੇ ਦੇ ਲਗਭਗ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਵਿੱਚ ਆਮਦਨ ਦੀ ਕੋਈ ਪਾਬੰਦੀ ਨਹੀਂ ਰੱਖੀ ਗਈ ਅਤੇ ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਵੀ ਇਸ ਵਿੱਚ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੀਮ ਅਧੀਨ ਪੰਜਾਬ ਦੇ 219 ਸਰਕਾਰੀ ਅਤੇ 600 ਤੋਂ ਵੱਧ ਪ੍ਰਾਈਵੇਟ ਹਸਪਤਾਲ ਸੂਚੀਬੱਧ ਕੀਤੇ ਗਏ ਹਨ, ਜਿਸ ਨਾਲ ਹੁਣ ਕੋਈ ਵੀ ਵਿਅਕਤੀ ਆਰਥਿਕ ਤੰਗੀ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹੇਗਾ।

ਇਹ ਕੈਂਪ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜਿਲ੍ਹਾ ਫ਼ਰੀਦਕੋਟ ਦੇ ਵਾਇਸ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ ਅਤੇ ਆਗੂ ਮਨਦੀਪ ਤਿਵਾੜੀ ਦੀ ਅਗਵਾਈ ਹੇਠ ਲਗਾਇਆ ਗਿਆ। ਕੈਂਪ ਦਾ ਮਕਸਦ ਲੋਕਾਂ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣਾ ਅਤੇ ਹਰ ਪਰਿਵਾਰ ਨੂੰ ਸਿਹਤ ਸੁਰੱਖਿਆ ਮੁਹੱਈਆ ਕਰਵਾਉਣਾ ਹੈ।

ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਕੈਂਪ ਵਿੱਚ ਸ਼ਿਰਕਤ ਕੀਤੀ। ਮੀਂਹ ਦੇ ਬਾਵਜੂਦ ਵੀ ਲੋਕਾਂ ਵਿੱਚ ਕੈਂਪ ਪ੍ਰਤੀ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਹ ਸਕੀਮ ਦਾ ਲਾਭ ਲੈਣ ਲਈ ਅੱਗੇ ਆਏ।

Shivam Madaan Shivam Madaan is the Founder and Editor of IGB News (Indo Global Bytes). Committed to unbiased and impactful journalism, he is dedicated to amplifying the voice of the people and delivering news that truly matters. His vision is to provide accurate, credible, and trustworthy information, ensuring journalism that informs, empowers, and serves the public interest