ਫਰੀਦਕੋਟ ਵਿੱਚ 3 ਨਵੇਂ ਆਮ ਆਦਮੀ ਕਲੀਨਿਕ ਖੁੱਲੇ, ਘਰ ਨੇੜੇ ਮੁਫ਼ਤ ਸਿਹਤ ਸਹੂਲਤਾਂ ਮਿਲਣਗੀਆਂ

Mar 28, 2026 - 21:54
ਫਰੀਦਕੋਟ ਵਿੱਚ 3 ਨਵੇਂ ਆਮ ਆਦਮੀ ਕਲੀਨਿਕ ਖੁੱਲੇ, ਘਰ ਨੇੜੇ ਮੁਫ਼ਤ ਸਿਹਤ ਸਹੂਲਤਾਂ ਮਿਲਣਗੀਆਂ
ਫਰੀਦਕੋਟ, 28 ਮਾਰਚ : ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਅੱਜ 109 ਨਵੇਂ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਦੇ ਨਾਲ ਹੀ ਫਰੀਦਕੋਟ ਹਲਕੇ ਵਿੱਚ ਵੀ 3 ਨਵੇਂ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਵਰਚੁਲੀ ਉਦਘਾਟਨ ਵਿਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਇਸ ਉਪਰਾਲੇ ਨਾਲ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਇਲਾਜ ਦੀ ਸਹੂਲਤ ਉਪਲਬਧ ਹੋਵੇਗੀ।
ਉਨ੍ਹਾਂ ਦੱਸਿਆ ਕਿ ਅੱਜ ਦੇ ਉਦਘਾਟਨਾਂ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਲਗਭਗ 990 ਤੱਕ ਪਹੁੰਚ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ, ਖ਼ਾਸ ਕਰਕੇ ਵਿਸਾਖੀ ਤੱਕ, ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ।
ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਫਰੀਦਕੋਟ ਵਿੱਚ ਪਹਿਲਾਂ ਚੱਲ ਰਹੇ ਕਲੀਨਿਕਾਂ ਦੇ ਨਾਲ ਅੱਜ 3 ਹੋਰ ਨਵੇਂ ਕਲੀਨਿਕ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਡੋਗਰ ਬਸਤੀ, ਗੁਰੂ ਤੇਗ ਬਹਾਦਰ ਨਗਰ, ਬਰਾੜ ਇਨਕਲੇਵ, ਸਾਈਂ ਕਲੇਵ ਅਤੇ ਕੱਕੜ ਕਲੋਨੀ ਸਮੇਤ ਕਈ ਇਲਾਕਿਆਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫ਼ਤ ਇਲਾਜ, ਮੁਫ਼ਤ ਟੈਸਟ ਅਤੇ ਮੁਫ਼ਤ ਦਵਾਈਆਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਖ਼ਾਸ ਕਰਕੇ ਗਰੀਬ ਅਤੇ ਜ਼ਰੂਰਤਮੰਦ ਵਰਗ ਨੂੰ ਲਾਭ ਹੋ ਰਿਹਾ ਹੈ।
ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਪਿਛਲੇ ਸਾਲ ਦੇ ਅੰਕੜਿਆਂ ਮੁਤਾਬਕ ਲਗਭਗ 3 ਕਰੋੜ ਤੋਂ ਵੱਧ ਲੋਕਾਂ ਨੇ ਇਨ੍ਹਾਂ ਕਲੀਨਿਕਾਂ ਵਿੱਚ ਇਲਾਜ ਕਰਵਾਇਆ ਹੈ, ਜੋ ਇਸ ਯੋਜਨਾ ਦੀ ਸਫਲਤਾ ਨੂੰ ਦਰਸਾਉਂਦਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਪਿੰਡ ਅਤੇ ਹਰ ਘਰ ਤੱਕ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਮ ਆਦਮੀ ਕਲੀਨਿਕ ਇਸ ਦਿਸ਼ਾ ਵਿੱਚ ਇਕ ਮਹੱਤਵਪੂਰਨ ਕਦਮ ਸਾਬਤ ਹੋ ਰਹੇ ਹਨ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਸ. ਅਮਨਦੀਪ ਸਿੰਘ ਬਾਬਾ, ਸ. ਅਮਰਜੀਤ ਸਿੰਘ ਪਰਮਾਰ, ਸਰਬਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
IGB Network A digital-first global news network bringing fast, factual stories from India to the world.