ਫਾਜ਼ਿਲਕਾ ਵਿੱਚ ਨੈਸ਼ਨਲ ਲੋਕ ਅਦਾਲਤ ਦੌਰਾਨ 16,623 ਕੇਸਾਂ ਦਾ ਨਿਪਟਾਰਾ, ਕਰੋੜਾਂ ਰੁਪਏ ਦੇ ਅਵਾਰਡ ਪਾਸ

Mar 15, 2026 - 21:07
ਫਾਜ਼ਿਲਕਾ ਵਿੱਚ ਨੈਸ਼ਨਲ ਲੋਕ ਅਦਾਲਤ ਦੌਰਾਨ 16,623 ਕੇਸਾਂ ਦਾ ਨਿਪਟਾਰਾ, ਕਰੋੜਾਂ ਰੁਪਏ ਦੇ ਅਵਾਰਡ ਪਾਸ

ਝਗੜੇ ਮੁਕਾਓ, ਪਿਆਰ ਵਧਾਓ, ਲੋਕ ਅਦਾਲਤ ਰਾਹੀਂ ਸਸਤਾ ਅਤੇ ਛੇਤੀ ਇਨਸਾਫ ਪਾਓ

ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ. ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜਕਮਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਅਗਵਾਈ ਅਤੇ ਰਹਿਨੁਮਾਈ ਹੇਠ ਅੱਜ 14.03.2026 ਨੂੰ ਜ਼ਿਲ੍ਹਾ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਸਫਲ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਦੌਰਾਨ ਦੋਨਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਕਈ ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਕੇਸਾਂ ਦਾ ਸੁਲਝਾਅ ਕਰਵਾਇਆ ਗਿਆ, ਜਿਸ ਨਾਲ ਪਾਰਟੀਆਂ ਨੂੰ ਤੁਰੰਤ ਅਤੇ ਸਸਤਾ ਇਨਸਾਫ ਪ੍ਰਾਪਤ ਹੋਇਆ।

ਇਸ ਨੈਸ਼ਨਲ ਲੋਕ ਅਦਾਲਤ ਵਿੱਚ ਜ਼ਿਲ੍ਹਾ ਫਾਜ਼ਿਲਕਾ ਵਿੱਚ ਕੁੱਲ 10 ਬੈਂਚਾਂ ਦਾ ਗਠਨ ਕੀਤਾ ਗਿਆ, ਜਿਸ ਵਿੱਚ 05 ਬੈਂਚ ਫਾਜ਼ਿਲਕਾ, 03 ਬੈਂਚ ਅਬੋਹਰ ਅਤੇ 02 ਬੈਂਚ ਜਲਾਲਾਬਾਦ ਵਿਖੇ ਲਗਾਏ ਗਏ। ਇਹਨਾਂ ਬੈਂਚਾਂ ਵੱਲੋਂ ਦੋਨਾਂ ਪੱਖਾਂ ਦੀ ਸਹਿਮਤੀ ਨਾਲ ਕੇਸਾਂ ਦਾ ਨਿਪਟਾਰਾ ਕਰਵਾ ਕੇ ਨਿਆਂ ਪ੍ਰਕਿਰਿਆ ਨੂੰ ਹੋਰ ਤੇਜ਼ ਅਤੇ ਆਸਾਨ ਬਣਾਇਆ ਗਿਆ।

ਇਸ ਮੌਕੇ ਸ. ਅਜੀਤ ਪਾਲ ਸਿੰਘ, ਮਾਣਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਾਜ਼ਿਲਕਾ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 17,710 ਕੇਸ ਸੁਣਵਾਈ ਲਈ ਰੱਖੇ ਗਏ ਸਨ, ਜਿਨ੍ਹਾਂ ਵਿੱਚੋਂ 16,623 ਕੇਸਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਕੁੱਲ ਰੁਪਏ 13,74,66,427/- ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਕਰਵਾਉਣਾ ਨਿਆਂ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਇਸ ਨਾਲ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੀ ਗਿਣਤੀ ਘਟਦੀ ਹੈ ਅਤੇ ਲੋਕਾਂ ਨੂੰ ਛੇਤੀ ਨਿਆਂ ਮਿਲਦਾ ਹੈ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਲੋਕ ਅਦਾਲਤਾਂ ਰਾਹੀਂ ਦੋਨਾਂ ਪਾਰਟੀਆਂ ਦੀ ਆਪਸੀ ਸਹਿਮਤੀ ਨਾਲ ਮਾਮਲਿਆਂ ਦਾ ਨਿਪਟਾਰਾ ਹੋਣ ਕਾਰਨ ਲੋਕਾਂ ਵਿਚਲੀ ਦੁਸ਼ਮਣੀ ਖਤਮ ਹੋ ਜਾਂਦੀ ਹੈ ਅਤੇ ਸਮਾਜ ਵਿੱਚ ਭਾਈਚਾਰਾ ਅਤੇ ਆਪਸੀ ਸਾਂਝ ਵਧਦੀ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਕੇਸਾਂ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ।

ਮੈਡਮ ਰੂਚੀ ਸਵੱਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਨੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਤੁਰੰਤ ਅਤੇ ਸਸਤਾ ਇਨਸਾਫ ਮਿਲਦਾ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਦੇ ਕੋਈ ਮਾਮਲੇ ਅਦਾਲਤਾਂ ਵਿੱਚ ਲੰਬਿਤ ਹਨ ਜਾਂ ਪ੍ਰੀ-ਲਿਟੀਗੇਸ਼ਨ ਪੱਧਰ 'ਤੇ ਹਨ, ਤਾਂ ਉਹ ਲੋਕ ਅਦਾਲਤਾਂ ਰਾਹੀਂ ਆਪਸੀ ਸਹਿਮਤੀ ਨਾਲ ਉਹਨਾਂ ਦਾ ਨਿਪਟਾਰਾ ਕਰਵਾ ਸਕਦੇ ਹਨ।

ਇਥੇ ਇਹ ਵੀ ਦੱਸਣਯੋਗ ਹੈ ਕਿ ਮੁਫ਼ਤ ਕਾਨੂੰਨੀ ਸਲਾਹ ਅਤੇ ਵਕੀਲ ਦੀ ਸਹੂਲਤ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਦਫ਼ਤਰ ਵਿੱਚ ਬਣੇ ਫਰੰਟ ਆਫਿਸ ਵਿੱਚ ਸੰਪਰਕ ਕੀਤਾ ਜਾ ਸਕਦਾ ਹੈ। ਵਧੇਰੀ ਜਾਣਕਾਰੀ ਲਈ ਟੋਲ ਫ੍ਰੀ ਨੰਬਰ 15100, ਦਫ਼ਤਰ ਨੰਬਰ 01638-261500 'ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Shivam Madaan Shivam Madaan is the Founder and Editor of IGB News (Indo Global Bytes). Committed to unbiased and impactful journalism, he is dedicated to amplifying the voice of the people and delivering news that truly matters. His vision is to provide accurate, credible, and trustworthy information, ensuring journalism that informs, empowers, and serves the public interest